ਅਮਰੀਕਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ


  • ਅਮਰੀਕਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜਗਰਾਉਂ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਖੇਤਰ ਦੇ ਪਿੰਡ ਸਿੱਧਵਾਂ ਬੇਟ ਨਾਲ ਸਬੰਧਤ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਲਾਲ ਸਿੰਘ ਉਰਫ਼ ਗੱਗਨਾ, ਪੁੱਤਰ ਚਮਕੌਰ ਸਿੰਘ ਅਤੇ ਬਲਜੀਤ ਕੌਰ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਆਪਣੀ ਪਤਨੀ ਨਾਲ ਅਮਰੀਕਾ ਵਿੱਚ ਰਹਿ ਰਿਹਾ ਸੀ।

ਜਾਣਕਾਰੀ ਅਨੁਸਾਰ, ਗੁਰਲਾਲ ਸਿੰਘ ਕੁਝ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਬੀਤੀ ਰਾਤ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਉਸ ਦੀ ਮੌਤ ਦੀ ਖ਼ਬਰ ਪਿੰਡ ਪਹੁੰਚਦਿਆਂ ਹੀ ਸਿੱਧਵਾਂ ਬੇਟ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਦੇ ਇਕਲੌਤੇ ਪੁੱਤਰ ਦੀ ਬੇਵਕਤੀ ਮੌਤ ਨਾਲ ਮਾਪਿਆਂ ਅਤੇ ਹੋਰ ਪਰਿਵਾਰਕ ਮੈਂਬਰਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਗੁਰਲਾਲ ਦੀਆਂ ਦੋ ਭੈਣਾਂ ਕੈਨੇਡਾ ਵਿੱਚ ਰਹਿੰਦੀਆਂ ਹਨ।

ਦੋਸਤ ਨੇ ਫੋਨ ਰਾਹੀਂ ਦਿੱਤੀ ਮੌਤ ਦੀ ਜਾਣਕਾਰੀ
ਗੁਰਲਾਲ ਸਿੰਘ ਦੇ ਕਰੀਬੀ ਦੋਸਤ ਬੱਬੂ ਕਲਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਅਮਰੀਕਾ ਤੋਂ ਫੋਨ ਰਾਹੀਂ ਇਸ ਦੁਖਦਾਈ ਘਟਨਾ ਬਾਰੇ ਪਤਾ ਲੱਗਾ। ਉਸ ਦੀ ਮੌਤ ਦੀ ਖ਼ਬਰ ਸੁਣ ਕੇ ਦੋਸਤਾਂ ਅਤੇ ਪਿੰਡ ਵਾਸੀਆਂ ਵਿੱਚ ਸੋਗ ਛਾ ਗਿਆ। ਉਨ੍ਹਾਂ ਦੱਸਿਆ ਕਿ ਗੁਰਲਾਲ ਸਿੰਘ ਦਾ ਅੰਤਿਮ ਸੰਸਕਾਰ ਅਮਰੀਕਾ ਵਿੱਚ ਹੀ ਕੀਤਾ ਜਾਵੇਗਾ।

ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਲੋਕ
ਗੁਰਲਾਲ ਸਿੰਘ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਕੁਲਵਿੰਦਰ ਸਿੰਘ ਚੰਦੀ, ਜਰਨੈਲ ਸਿੰਘ ਸਿੱਧੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਹਮਨ ਕੁਮਾਰ ਟੀਟਾ ਸਮੇਤ ਹੋਰ ਵਿਅਕਤੀ ਘਰ ਪਹੁੰਚੇ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।

The post ਅਮਰੀਕਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ appeared first on Desh Click.