ਅੰਮ੍ਰਿਤਸਰ ’ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ


ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਦੇ ਥਾਣਾ ਬਿਆਸ ਅਧੀਨ ਪੈਂਦੇ ਪਿੰਡ ਗਾਜੀਵਾਲ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਇੱਥੇ ਖੇਤ ਵਾਹ ਰਹੇ ਵਿਅਕਤੀਆਂ ’ਤੇ ਇੱਕ ਹਿਸਟਰੀਸ਼ੀਟਰ ਨੇ ਆਪਣੇ ਪਰਿਵਾਰ ਸਮੇਤ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੁੱਖ ਮੁਲਜ਼ਮ ਯੁੱਧਵੀਰ ਉਰਫ਼ ਯੋਧਾ, ਉਸ ਦੀ ਪਤਨੀ ਅਤੇ 16 ਸਾਲਾ ਪੁੱਤਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ ਨਾਜਾਇਜ਼ ਹਥਿਆਰ ਅਤੇ 26 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਮਾਮਲੇ ਦੇ ਵੇਰਵੇ ਸਾਂਝੇ ਕੀਤੇ ਹਨ।

ਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਆਪਣੀ ਜ਼ਮੀਨ ’ਤੇ ਟਰੈਕਟਰ ਨਾਲ ਖੇਤੀ ਦਾ ਕੰਮ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦਾ ਰਿਸ਼ਤੇਦਾਰ ਯੁੱਧਵੀਰ ਉਰਫ਼ ਯੋਧਾ ਆਪਣੀ ਪਤਨੀ ਜਸਕਿਰਨ ਕੌਰ ਅਤੇ ਕਰੀਬ 16 ਸਾਲਾ ਪੁੱਤਰ ਅਭਿਨੂਰ ਸਿੰਘ ਨਾਲ ਉੱਥੇ ਪਹੁੰਚ ਗਿਆ।

ਦੋਵਾਂ ਧਿਰਾਂ ਵਿਚਾਲੇ ਗੱਲਬਾਤ ਹੋਣ ਤੋਂ ਪਹਿਲਾਂ ਹੀ ਮੁਲਜ਼ਮਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ਵਿੱਚ ਮਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਤੋਂ ਇਲਾਵਾ ਦਵਿੰਦਰ ਸਿੰਘ ਪੁੱਤਰ ਵਸਨ ਸਿੰਘ, ਵਾਸੀ ਲੰਗੜਵਾਲ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਅਤੇ ਪੁਲਿਸ ਮੁਤਾਬਕ ਉਸ ਦੀ ਹਾਲਤ ਸਥਿਰ ਹੈ।

ਐੱਸ.ਐੱਸ.ਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਯੁੱਧਵੀਰ ਉਰਫ਼ ਯੋਧਾ ਖ਼ਿਲਾਫ਼ ਪਹਿਲਾਂ ਹੀ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਉਸ ’ਤੇ ਕਤਲ ਦੀ ਕੋਸ਼ਿਸ਼ ਨਾਲ ਸਬੰਧਤ ਧਾਰਾ 307 ਅਤੇ ਆਰਮਜ਼ ਐਕਟ ਸਮੇਤ 8 ਤੋਂ 9 ਮਾਮਲੇ ਦਰਜ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ। ਉਹ ਪੁਲਿਸ ਨੂੰ ਲੋੜੀਂਦਾ ਵੀ ਸੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਿਸ ਜ਼ਮੀਨ ਨੂੰ ਲੈ ਕੇ ਵਿਵਾਦ ਹੋਇਆ, ਉਹ ਪੀੜਤ ਧਿਰ ਨੇ ਕਾਨੂੰਨੀ ਤਰੀਕੇ ਨਾਲ ਖਰੀਦੀ ਸੀ। ਮਾਲ ਵਿਭਾਗ ਦੇ ਰਿਕਾਰਡ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਵਿੱਚ ਜ਼ਮੀਨ ’ਤੇ ਪੀੜਤ ਧਿਰ ਦਾ ਮਾਲਕੀ ਹੱਕ ਸਹੀ ਪਾਇਆ ਗਿਆ ਹੈ।

ਪੁਲਿਸ ਅਨੁਸਾਰ ਮੁਲਜ਼ਮ ਰਿਸ਼ਤੇਦਾਰੀ ਦਾ ਹਵਾਲਾ ਦੇ ਕੇ ਜ਼ਮੀਨ ’ਤੇ ਆਪਣਾ ਹੱਕ ਜਤਾ ਰਿਹਾ ਸੀ। ਇਸੇ ਵਿਵਾਦ ਨੇ ਬਾਅਦ ਵਿੱਚ ਹਿੰਸਕ ਰੂਪ ਧਾਰ ਲਿਆ।

ਐੱਸ.ਐੱਸ.ਪੀ ਨੇ ਦੱਸਿਆ ਕਿ ਮੁਲਜ਼ਮ ਦੀ ਪਤਨੀ ਜਸਕਿਰਨ ਕੌਰ ਦੀ ਵੀ ਇਸ ਵਾਰਦਾਤ ਵਿੱਚ ਸਰਗਰਮ ਭੂਮਿਕਾ ਸੀ। ਪੁਲਿਸ ਮੁਤਾਬਕ ਉਸ ਨੇ ਹਥਿਆਰ ਅਤੇ ਗੋਲਾ-ਬਾਰੂਦ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਪੁਲਿਸ ਨੇ ਯੁੱਧਵੀਰ ਉਰਫ਼ ਯੋਧਾ, ਉਸ ਦੀ ਪਤਨੀ ਜਸਕਿਰਨ ਕੌਰ ਅਤੇ ਪੁੱਤਰ ਅਭਿਨੂਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕੋਲੋਂ ਬਰਾਮਦ ਹਥਿਆਰਾਂ ਵਿੱਚ ਇੱਕ ਗਲੌਕ ਪਿਸਤੌਲ, ਦੋ 30 ਬੋਰ ਦੇ ਪਿਸਤੌਲ ਅਤੇ ਇੱਕ 12 ਬੋਰ ਦੀ ਬੰਦੂਕ ਸ਼ਾਮਲ ਹੈ। ਇਸ ਤੋਂ ਇਲਾਵਾ ਪਿਸਤੌਲਾਂ ਦੇ 16 ਜ਼ਿੰਦਾ ਰੌਂਦ ਅਤੇ 12 ਬੋਰ ਦੇ 10 ਕਾਰਤੂਸ ਵੀ ਮਿਲੇ ਹਨ।

ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ.ਐੱਸ.ਪੀ ਨੇ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਹੋਰ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

The post ਅੰਮ੍ਰਿਤਸਰ ’ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ appeared first on Charhdikala.