ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਲੋਕਾਂ ਦੀ ਹੋਈ ਮੌਤ


ਕੁਸ਼ੀਨਗਰ: ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਹਾਟਾ-ਪਿਪਰਾਇਚ ਸੜਕ ’ਤੇ ਇੱਕ ਵੈਨ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ 6 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਨਾਬਾਲਗ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ।

ਪੁਲਿਸ ਅਨੁਸਾਰ ਇਹ ਹਾਦਸਾ ਰਾਤ ਕਰੀਬ 11 ਵਜੇ ਵਾਪਰਿਆ। ਵੈਨ ਵਿੱਚ ਸਵਾਰ ਸਾਰੇ ਲੋਕ ਇੱਕ ਤਿਲਕ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਹੇ ਸਨ। ਇਸੇ ਦੌਰਾਨ ਵੈਨ ਦੀ ਟਰੱਕ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਵੈਨ ਬੁਰੀ ਤਰ੍ਹਾਂ ਨੁਕਸਾਨੀ ਗਈ।

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮ੍ਰਿਤਕਾਂ ਦੀ ਪਛਾਣ ਕਨ੍ਹਈਆ ਪ੍ਰਸਾਦ (40), ਰਾਮਵਿਲਾਸ (65), ਰਾਮ ਮਿਲਨ (35), ਮ੍ਰਿਦੁਲ ਮਿਸ਼ਰਾ (35), ਰੰਜਯ ਗੁਪਤਾ (32) ਅਤੇ ਮਿਥਲੇਸ਼ ਗੁਪਤਾ (22) ਵਜੋਂ ਕੀਤੀ ਹੈ। ਦੱਸਿਆ ਗਿਆ ਹੈ ਕਿ ਸਾਰੇ ਮ੍ਰਿਤਕ ਕੁਸ਼ੀਨਗਰ ਜ਼ਿਲ੍ਹੇ ਦੇ ਹੀ ਰਹਿਣ ਵਾਲੇ ਸਨ।

ਹਾਦਸੇ ਵਿੱਚ ਜ਼ਖ਼ਮੀ ਹੋਏ ਨਾਬਾਲਗ ਲੜਕੇ ਆਰੀਅਨ ਨੂੰ ਇਲਾਜ ਲਈ ਕੁਸ਼ੀਨਗਰ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

The post ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਲੋਕਾਂ ਦੀ ਹੋਈ ਮੌਤ appeared first on Charhdikala.