- ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਦੇਸੂ ਮਾਜਰਾ ਸੈਂਟਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤੇ ਕਈ ਤਮਗੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਅਕਤੂਬਰ: (ਦੇਸ਼ ਕਲਿੱਕ ਬਿਊਰੋ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼ 3ਬੀ1, ਮੋਹਾਲੀ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਅੰਡਰ-11 ਉਮਰ ਵਰਗ ਵਿੱਚ ਸੈਂਟਰ ਦੇਸੂ ਮਾਜਰਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਪੁਜ਼ੀਸ਼ਨਾਂ ਹਾਸਲ ਕੀਤੀਆਂ।
ਖੇਡ ਮੁਕਾਬਲਿਆਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੜਕੀਆਂ ਦੇ ਵਰਗ ਵਿੱਚ ਸੰਜਨਾ ਨੇ 100 ਮੀਟਰ ਦੌੜ ਵਿੱਚ ਦੂਜਾ ਅਤੇ 400 ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਕਰਾਟੇ ਦੇ 24 ਕਿਲੋਗ੍ਰਾਮ ਭਾਰ ਵਰਗ ਵਿੱਚ ਪ੍ਰਿਆ ਨੇ ਦੂਜਾ ਅਤੇ 27 ਕਿਲੋਗ੍ਰਾਮ ਭਾਰ ਵਰਗ ਵਿੱਚ ਬਾਨੀ ਸ਼ਰਮਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਯੋਗਾ ਰਿਦਮਿਕ ਸਿੰਗਲ ਮੁਕਾਬਲੇ ਵਿੱਚ ਪਹਿਲਾ ਸਥਾਨ ਅਤੇ 4×100 ਮੀਟਰ ਰਿਲੇਅ ਦੌੜ ਵਿੱਚ ਦੂਜਾ ਸਥਾਨ ਹਾਸਲ ਕੀਤਾ। ਖੋ-ਖੋ ਦੇ ਲੜਕੀਆਂ ਦੇ ਮੁਕਾਬਲੇ ਵਿੱਚ ਵੀ ਸੈਂਟਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਲੜਕਿਆਂ ਦੇ ਵਰਗ ਵਿੱਚ ਕ੍ਰਿਸ਼ਨਾ ਸਿੰਘ ਨੇ ਲੰਬੀ ਛਾਲ ਵਿੱਚ ਪਹਿਲਾ ਸਥਾਨ ਅਤੇ ਯੰਸ਼ ਨੇ 200 ਮੀਟਰ ਦੌੜ ਵਿੱਚ ਦੂਜਾ ਸਥਾਨ ਹਾਸਲ ਕਰਕੇ ਸੈਂਟਰ ਦਾ ਮਾਣ ਵਧਾਇਆ।
ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸ੍ਰੀ ਪ੍ਰੇਮ ਕੁਮਾਰ ਮਿੱਤਲ ਵੱਲੋਂ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਹੋਰ ਮਿਹਨਤ ਕਰਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਖੇਡ ਮੁਕਾਬਲਿਆਂ ਦੇ ਸੁਚੱਜੇ ਪ੍ਰਬੰਧਾਂ ਲਈ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀ ਬਲਜੀਤ ਸਿੰਘ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਗਈ। ਸੈਂਟਰ ਦੇਸੂ ਮਾਜਰਾ ਦੇ ਕਲੱਸਟਰ ਹੈੱਡ ਟੀਚਰ ਸ੍ਰੀ ਰਾਜਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
The post ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਦੇਸੂ ਮਾਜਰਾ ਸੈਂਟਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤੇ ਕਈ ਤਮਗੇ appeared first on Desh Click.