ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਮਾਹਿਲਪੁਰ ਨੇੜੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਵਿਦੇਸ਼ ਜਾਣ ਲਈ ਲੁਧਿਆਣਾ ਮੈਡੀਕਲ ਕਰਵਾਉਣ ਜਾ ਰਹੇ 43 ਸਾਲਾ ਵਿਅਕਤੀ ਦੀ ਮੋਟਰਸਾਈਕਲ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਪਹਿਲਾਂ ਹੀ ਨਿਊਜ਼ੀਲੈਂਡ ਵਿੱਚ ਰਹਿ ਰਹੀ ਸੀ ਅਤੇ ਉਹ ਉਸ ਨੂੰ ਮਿਲਣ ਲਈ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ।
ਮਾਹਿਲਪੁਰ/ਗੜ੍ਹਸ਼ੰਕਰ ਇਲਾਕੇ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਝੁੰਗੀਆਂ ਦੇ ਰਹਿਣ ਵਾਲੇ ਕਮਲਜੀਤ ਕੈਂਪ ਸਿੰਘ ਦੀ ਮਾਹਿਲਪੁਰ ਨੇੜੇ ਪਿੰਡ ਭਾਰਟਾ ਕੋਲ ਮੋਟਰਸਾਈਕਲ ਤੋਂ ਡਿੱਗਣ ਕਾਰਨ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ 43 ਸਾਲਾ ਕਮਲਜੀਤ ਸਿੰਘ ਨਿਊਜ਼ੀਲੈਂਡ ਜਾਣ ਲਈ ਲੁਧਿਆਣਾ ਵਿਖੇ ਆਪਣਾ ਮੈਡੀਕਲ ਕਰਵਾਉਣ ਜਾ ਰਿਹਾ ਸੀ। ਉਸ ਦੀ ਪਤਨੀ ਪਹਿਲਾਂ ਹੀ ਨਿਊਜ਼ੀਲੈਂਡ ਵਿੱਚ ਰਹਿ ਰਹੀ ਸੀ ਅਤੇ ਉਹ ਵੀ ਉਸ ਕੋਲ ਜਾਣ ਦੀ ਤਿਆਰੀ ਕਰ ਰਿਹਾ ਸੀ।
ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਮੋਟਰਸਾਈਕਲ ’ਤੇ ਲੁਧਿਆਣਾ ਜਾ ਰਿਹਾ ਸੀ। ਇਸ ਦੌਰਾਨ ਮਾਹਿਲਪੁਰ ਨੇੜੇ ਪਿੰਡ ਭਾਰਟਾ ਕੋਲ ਉਹ ਅਚਾਨਕ ਮੋਟਰਸਾਈਕਲ ਤੋਂ ਹੇਠਾਂ ਡਿੱਗ ਪਿਆ। ਇਸ ਘਟਨਾ ਵਿੱਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਕਮਲਜੀਤ ਸਿੰਘ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਜਾਇਆ ਗਿਆ। ਉੱਥੇ ਡਾਕਟਰਾਂ ਦੀ ਟੀਮ ਨੇ ਜਾਂਚ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੁਖਦਾਈ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।
The post ਪਤਨੀ ਕੋਲ ਜਾਣ ਦਾ ਸੁਪਨਾ ਰਹਿ ਗਿਆ ਅਧੂਰਾ, ਵਿਅਕਤੀ ਦੀ ਮੌਤ appeared first on Charhdikala.