- ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ
ਚੰਡੀਗੜ੍ਹ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸ਼੍ਰੀਮਤੀ ਸੀਮਾ ਖੰਨਾ, ਡਾਇਰੈਕਟਰ ਜਨਰਲ (ਆਈ.ਟੀ.) ਅਤੇ ਸ਼੍ਰੀ ਅਸ਼ੀਸ਼ ਗੋਇਲ, ਡਾਇਰੈਕਟਰ ਜਨਰਲ (ਮੀਡੀਆ) ਸ਼ਾਮਲ ਸਨ।
ਵਫ਼ਦ ਨੇ ਸਾਰੇ 23 ਜ਼ਿਲ੍ਹਾ ਚੋਣ ਅਫਸਰਾਂ , ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਵਿਚਾਰ -ਚਰਚਾ ਕੀਤੀ, ਇਸ ਦੌਰਾਨ ਅਧਿਕਾਰੀਆਂ ਨੇ ਆਪੋ -ਆਪਣੇ ਜ਼ਿਲ੍ਹਿਆਂ ਵਿੱਚ ਕੀਤੀ ਤਿਆਰੀ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।
ਅਧਿਕਾਰੀਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ, ਸਾਰੀਆਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ, ਸਾਰੀਆਂ ਪ੍ਰੀ-ਪੋਲ ਗਤੀਵਿਧੀਆਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਮਜ਼ਬੂਤ ਲਾਗੂ ਕਰਨ ਦੇ ਉਪਾਵਾਂ ‘ਤੇ ਜ਼ੋਰ ਦਿੱਤਾ।
ਮੁੱਖ ਚੋਣ ਅਫ਼ਸਰ,ਪੰਜਾਬ ਨੇ ਸੀਨੀਅਰ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਸਾਰੇ ਕੰਮ ਤਨਦੇਹੀ, ਸਮਾਂਬੱਧ ਢੰਗ ਨਾਲ ਅਤੇ ਮਾਨਯੋਗ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਨਾਲ ਕੀਤੇ ਜਾਣਗੇ ਤਾਂ ਜੋ ਰਾਜ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਜਾ ਸਕਣ ।
The post ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ appeared first on Desh Click.