ਬੁਢਾਪਾ ਪੈਨਸ਼ਨ ਸਕੀਮ ਤਹਿਤ ਪੰਜਾਬ ‘ਚ ਸਤੰਬਰ ਤੱਕ 2507.98 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ


ਚੰਡੀਗੜ੍ਹ, 21 ਅਕਤੂਬਰ 2026: ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਸਤੰਬਰ ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 2507.98 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ 24.07 ਲੱਖ ਬਜ਼ੁਰਗ ਨਾਗਰਿਕਾਂ ਨੂੰ ਲਾਭ ਪਹੁੰਚਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਸਮਾਵੇਸ਼ੀ ਅਤੇ ਲੋਕ-ਪੱਖੀ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ ਜਿਸ ਵਿੱਚ ਸਰਕਾਰੀ ਭਲਾਈ ਸਕੀਮਾਂ ਦੇ ਲਾਭ ਸਮੇਂ ਸਿਰ ਹਰ ਯੋਗ ਨਾਗਰਿਕ ਤੱਕ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦੇ ਦ੍ਰਿਸ਼ਟੀਕੋਣ ਤਹਿਤ, ਸਰਕਾਰ ਦਾ ਉਦੇਸ਼ ਇੱਕ ਸੰਵੇਦਨਸ਼ੀਲ ਸਮਾਜ ਬਣਾਉਣ ਦਾ ਹੈ ਜਿੱਥੇ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਯੋਜਨਾ ਤਹਿਤ 4000 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਹੈ। ਇਹ ਸੂਬੇ ਦੇ ਸਮਾਜਿਕ ਸੁਰੱਖਿਆ ਢਾਂਚੇ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਯੋਜਨਾ ਲਈ ਯੋਗਤਾ ਮਾਪਦੰਡਾਂ ਬਾਰੇ ਵਿਸਥਾਰ ‘ਚ ਦੱਸਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ 65 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ ₹60,000 ਤੋਂ ਵੱਧ ਨਹੀਂ ਹੈ, ਇਸ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ।

ਬੁਢਾਪਾ ਪੈਨਸ਼ਨ ਯੋਜਨਾ ਦੇ ਮਾਨਵਤਾਵਾਦੀ ਪਹਿਲੂ ਨੂੰ ਉਜਾਗਰ ਕਰਦੇ ਹੋਏ, ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਬਜ਼ੁਰਗਾਂ ਲਈ ਵਿਸ਼ਵਾਸ, ਸੁਰੱਖਿਆ ਅਤੇ ਸਨਮਾਨ ਦੀ ਜ਼ਿੰਦਗੀ ਜਿਊਣ ਦਾ ਇੱਕ ਸਾਧਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਸਿਰ ਪੈਨਸ਼ਨ ਭੁਗਤਾਨ ਬਜ਼ੁਰਗ ਨਾਗਰਿਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਪੂਰਾ ਕਰਨ ‘ਚ ਮੱਦਦਗਾਰ ਸਾਬਤ ਹੋ ਰਹੇ ਹਨ।

ਡਾ. ਬਲਜੀਤ ਕੌਰ ਨੇ ਸਾਰੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਅਰਜ਼ੀਆਂ ਦੀ ਤਸਦੀਕ ਵਿੱਚ ਤੇਜ਼ੀ ਲਿਆਉਣ, ਯੋਗ ਕੇਸਾਂ ਨੂੰ ਸਮੇਂ ਸਿਰ ਪ੍ਰਵਾਨਗੀ ਦੇਣ ਅਤੇ ਪੈਨਸ਼ਨ ਦੀ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਯੋਗ ਸੀਨੀਅਰ ਨਾਗਰਿਕਾਂ ਦੀ ਪਛਾਣ ਕਰਨ, ਜ਼ਰੂਰੀ ਰਸਮਾਂ ਪੂਰੀਆਂ ਕਰਨ ‘ਚ ਉਨ੍ਹਾਂ ਦੀ ਸਹਾਇਤਾ ਕਰਨ ਅਤੇ ਕਿਸੇ ਵੀ ਪ੍ਰਸ਼ਾਸਕੀ ਰੁਕਾਵਟ ਨੂੰ ਦੂਰ ਕਰਨ ਲਈ ਕਿਹਾ।

Read More: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 9 ਮਹੀਨਿਆਂ ‘ਚ 79,642 ਵਿਅਕਤੀ ਗ੍ਰਿਫ਼ਤਾਰ: ਪੰਜਾਬ ਪੁਲਿਸ