Former Ludhiana MLA Simarjit Bains convicted in defamation case

Former Ludhiana MLA Simarjit Bains convicted in defamation case






  • ਮਾਣਹਾਨੀ ਮਾਮਲੇ ਵਿੱਚ ਲੁਧਿਆਣਾ ਦੇ ਸਾਬਕਾ MLA ਸਿਮਰਜੀਤ ਬੈਂਸ ਦੋਸ਼ੀ ਕਰਾਰ, ਇੱਕ ਸਾਲ ਦੀ ਸਜ਼ਾ

ਪਟਿਆਲਾ: 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਪਟਿਆਲਾ ਦੀ ਸੀਜੇਐੱਮ (CJM) ਏਕਤਾ ਸਹੋਤਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਬੈਂਸ ਨੂੰ ਆਈਪੀਸੀ ਦੀ ਧਾਰਾ 500 ਤਹਿਤ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਹੁਕਮ ਵਿੱਚ ਕਿਸੇ ਜੁਰਮਾਨੇ ਦਾ ਜ਼ਿਕਰ ਨਹੀਂ ਕੀਤਾ ਗਿਆ। ਦਿਲਚਸਪ ਗੱਲ ਇਹ ਹੈ ਕਿ ਬ੍ਰਹਮ ਮਹਿੰਦਰਾ ਕਾਂਗਰਸ ਦੇ ਸਾਬਕਾ ਮੰਤਰੀ ਹਨ, ਜਦਕਿ ਲੁਧਿਆਣਾ ਦੀ ਆਤਮ ਨਗਰ ਸੀਟ ਤੋਂ ਵਿਧਾਇਕ ਰਹਿ ਚੁੱਕੇ ਸਿਮਰਜੀਤ ਸਿੰਘ ਬੈਂਸ ਵੀ ਹੁਣ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ।

2018 ਵਿੱਚ ਦਵਾਈਆਂ ਦੀ ਖਰੀਦ ਨੂੰ ਲੈ ਕੇ ਹੋਇਆ ਸੀ ਵਿਵਾਦ
ਇਹ ਮਾਮਲਾ ਸਾਲ 2018 ਦਾ ਹੈ, ਜਦੋਂ ਪੰਜਾਬ ਦੇ ਸਿਹਤ ਵਿਭਾਗ ਵਿੱਚ ਦਵਾਈਆਂ ਦੀ ਖਰੀਦ ਅਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਦਵਾਈਆਂ ਦੀ ਸਪਲਾਈ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲੱਗੇ ਸਨ। ਉਸ ਸਮੇਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਤਕਾਲੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ’ਤੇ ਗੰਭੀਰ ਦੋਸ਼ ਲਗਾਏ ਸਨ। ਬੈਂਸ ਨੇ ਦਾਅਵਾ ਕੀਤਾ ਸੀ ਕਿ ਬ੍ਰਹਮ ਮਹਿੰਦਰਾ ਦੇ ਫਾਰਮਾ ਕੰਪਨੀ ‘ਆਰਬਰ ਬਾਇਓਟੈੱਕ’ ਨਾਲ ਕਥਿਤ ਸਬੰਧ ਹਨ ਅਤੇ ਸਿਹਤ ਵਿਭਾਗ ਵਿੱਚ ਦਵਾਈਆਂ ਦੀ ਖਰੀਦ ਪ੍ਰਕਿਰਿਆ ਦੌਰਾਨ ਵੱਡੀਆਂ ਬੇਨਿਯਮੀਆਂ ਹੋਈਆਂ ਹਨ।

ਦੋਸ਼ਾਂ ਦੇ ਸਮਰਥਨ ਵਿੱਚ ਠੋਸ ਸਬੂਤ ਨਹੀਂ ਮਿਲੇ
ਬ੍ਰਹਮ ਮਹਿੰਦਰਾ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਅਤੇ ਆਪਣੀ ਸਾਖ ਨੂੰ ਨੁਕਸਾਨ ਪਹੁੰਚਾਉਣ ਵਾਲਾ ਦੱਸਦਿਆਂ ਅਦਾਲਤ ਵਿੱਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸੁਣਵਾਈ ਦੌਰਾਨ ਅਦਾਲਤ ਨੇ ਪਾਇਆ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਲਗਾਏ ਗਏ ਦੋਸ਼ਾਂ ਦੇ ਸਮਰਥਨ ਵਿੱਚ ਲੋੜੀਂਦੇ ਅਤੇ ਠੋਸ ਸਬੂਤ ਪੇਸ਼ ਨਹੀਂ ਕੀਤੇ ਗਏ। ਅਦਾਲਤ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਬਿਨਾਂ ਸਬੂਤਾਂ ਦੇ ਲਗਾਏ ਗਏ ਦੋਸ਼ਾਂ ਨਾਲ ਸ਼ਿਕਾਇਤਕਰਤਾ ਦੀ ਸਮਾਜਿਕ ਅਤੇ ਸਿਆਸੀ ਸਾਖ ਨੂੰ ਨੁਕਸਾਨ ਪਹੁੰਚਿਆ। ਇਸ ਆਧਾਰ ’ਤੇ ਬੈਂਸ ਨੂੰ ਦੋਸ਼ੀ ਕਰਾਰ ਦਿੰਦਿਆਂ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ।