ਬੇਗੋਵਾਲ: ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਹਲਚਲ ਤੇਜ਼ ਹੋ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੇਗੋਵਾਲ ਵਿਖੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਘਰ ਪਹੁੰਚੇ। ਇੱਥੇ ਉਨ੍ਹਾਂ ਨੇ ਬੀਬੀ ਜਗੀਰ ਕੌਰ, ਉਨ੍ਹਾਂ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੁਲਾਕਾਤ ਤੋਂ ਬਾਅਦ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਨੂੰ ਲੈ ਕੇ ਚਰਚਾਵਾਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ।
ਦਰਅਸਲ, ਕੁਝ ਦਿਨ ਪਹਿਲਾਂ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸਰਦਾਰ ਜਗਜੀਤ ਸਿੰਘ ਦਾ ਦੇਹਾਂਤ ਹੋ ਗਿਆ ਸੀ। ਇਸ ਦੁਖਦਾਈ ਘਟਨਾ ਕਾਰਨ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸਬੰਧ ਤਣਾਅਪੂਰਨ ਰਹੇ ਹਨ। SGPC ਦੇ ਪ੍ਰਧਾਨਗੀ ਅਹੁਦੇ ਦੀ ਚੋਣ ਦੌਰਾਨ ਦੋਵੇਂ ਧਿਰਾਂ ਆਹਮੋ-ਸਾਹਮਣੇ ਸਨ। ਉਸ ਸਮੇਂ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਬਣਾਇਆ ਸੀ, ਜਦਕਿ ਬੀਬੀ ਜਗੀਰ ਕੌਰ ਨੇ ਪਾਰਟੀ ਦਾ ਵਿਰੋਧ ਕਰਦਿਆਂ ਆਜ਼ਾਦ ਤੌਰ ‘ਤੇ ਚੋਣ ਲੜੀ ਸੀ।
ਫਿਲਹਾਲ ਬੀਬੀ ਜਗੀਰ ਕੌਰ ਦਾ ਸਬੰਧ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਦੱਸਿਆ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹੁਣ ਧਾਮੀ ਦੀ ਉਨ੍ਹਾਂ ਦੇ ਘਰ ਹੋਈ ਮੁਲਾਕਾਤ ਤੋਂ ਬਾਅਦ ਇਨ੍ਹਾਂ ਚਰਚਾਵਾਂ ਨੂੰ ਹੋਰ ਹਵਾ ਮਿਲ ਗਈ ਹੈ।
The post ਬੀਬੀ ਜਗੀਰ ਕੌਰ ਦੇ ਘਰ ਪਹੁੰਚੇ ਹਰਜਿੰਦਰ ਸਿੰਘ ਧਾਮੀ appeared first on Charhdikala.