Big Breaking – Major victory for student struggle at Jamia University; Student Union elections to be held after 20 years.

Big Breaking – Major victory for student struggle at Jamia University; Student Union elections to be held after 20 years.






 

Big Breaking- ਜਾਮੀਆ ਯੂਨੀਵਰਸਿਟੀ ’ਚ ਵਿਦਿਆਰਥੀ ਸੰਘਰਸ਼ ਦੀ ਵੱਡੀ ਜਿੱਤ; 20 ਸਾਲ ਬਾਅਦ ਹੋਣਗੀਆਂ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ

ਨਵੀਂ ਦਿੱਲੀ, 30 ਅਕਤੂਬਰ 2026

ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਪਿਛਲੇ 18 ਦਿਨਾਂ ਤੋਂ ਚੱਲ ਰਿਹਾ ਵਿਦਿਆਰਥੀਆਂ ਦਾ ਪ੍ਰਦਰਸ਼ਨ ਆਖ਼ਰਕਾਰ ਸਫ਼ਲ ਹੋ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸਵੀਕਾਰ ਕਰਦਿਆਂ ਵਿਦਿਆਰਥੀ ਸੰਘ ਦੀ ਬਹਾਲੀ ਲਈ ਸਮਾਂ-ਸੀਮਾ ਤੈਅ ਕਰ ਦਿੱਤੀ ਹੈ। ਇਸ ਫ਼ੈਸਲੇ ਨਾਲ ਲਗਭਗ ਦੋ ਦਹਾਕਿਆਂ ਬਾਅਦ ਯੂਨੀਵਰਸਿਟੀ ਵਿੱਚ ਵਿਦਿਆਰਥੀ ਸੰਘ ਦੀਆਂ ਚੋਣਾਂ ਕਰਵਾਉਣ ਦਾ ਰਾਹ ਸਾਫ਼ ਹੋ ਗਿਆ ਹੈ।

ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀ ਸੰਘ ਦੇ ਸੰਵਿਧਾਨ ਨੂੰ ਮਨਜ਼ੂਰੀ ਦੇਣ ਅਤੇ ਲਾਗੂ ਕਰਨ ਲਈ 15 ਮਈ, 2027 ਦੀ ਆਖ਼ਰੀ ਤਰੀਕ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਸਾਲ 2006 ਵਿੱਚ ਚੁਣੀ ਹੋਈ ਵਿਦਿਆਰਥੀ ਯੂਨੀਅਨ ਨੂੰ ਭੰਗ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਯੂਨੀਵਰਸਿਟੀ ਵਿੱਚ ਵਿਦਿਆਰਥੀ ਸੰਘ ਦੀ ਚੋਣ ਪ੍ਰਕਿਰਿਆ ਬੰਦ ਪਈ ਸੀ।

ਆਪਣੀਆਂ ਮੰਗਾਂ ਨੂੰ ਲੈ ਕੇ ਵਿਦਿਆਰਥੀ ਪਿਛਲੇ 18 ਦਿਨਾਂ ਤੋਂ ਧਰਨੇ ਅਤੇ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਕੁਝ ਵਿਦਿਆਰਥੀ ਭੁੱਖ ਹੜਤਾਲ ’ਤੇ ਵੀ ਬੈਠੇ ਰਹੇ। ਆਖ਼ਰਕਾਰ ਪ੍ਰਸ਼ਾਸਨ ਵੱਲੋਂ ਸਮਾਂ-ਸੀਮਾ ਤੈਅ ਕੀਤੇ ਜਾਣ ਤੋਂ ਬਾਅਦ ਵਿਦਿਆਰਥੀਆਂ ਨੇ ਆਪਣਾ ਅੰਦੋਲਨ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਤਿਰੰਗਾ ਲਹਿਰਾ ਕੇ ਅਤੇ ਇਨਕਲਾਬ ਦੇ ਨਾਅਰੇ ਲਗਾ ਕੇ ਖ਼ੁਸ਼ੀ ਮਨਾਈ।

ਭੁੱਖ ਹੜਤਾਲ ਵਿੱਚ ਸ਼ਾਮਲ ਵਿਦਿਆਰਥੀ ਪ੍ਰਦਰਸ਼ਨਕਾਰੀ ਐਬਿਨ ਬੇਸਿਲ ਨੇ ਇਸ ਨੂੰ ਵਿਦਿਆਰਥੀਆਂ ਦੀ ਵੱਡੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਜਿੱਤ ਜਾਮੀਆ ਦੇ ਇਤਿਹਾਸ ਅਤੇ ਵਿਰਾਸਤ ਵਿੱਚ ਸੁਨਹਿਰੀ ਅੱਖਰਾਂ ਨਾਲ ਲਿਖੀ ਜਾਵੇਗੀ।

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਲੰਬੇ ਸੰਘਰਸ਼ ਤੋਂ ਬਾਅਦ ਮਿਲਿਆ ਇਹ ਭਰੋਸਾ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੀ ਨੁਮਾਇੰਦਗੀ ਨੂੰ ਮੁੜ ਸਥਾਪਿਤ ਕਰਨ ਵੱਲ ਅਹਿਮ ਕਦਮ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ 15 ਮਈ, 2027 ਦੀ ਸਮਾਂ-ਸੀਮਾ ਅਤੇ ਚੋਣ ਪ੍ਰਕਿਰਿਆ ’ਤੇ ਟਿਕੀਆਂ ਹੋਈਆਂ ਹਨ।