ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ- ਪੰਜਾਬੀ ਦੋਵਾਂ ਨੂੰ ਸਵੀਕਾਰ ਨਹੀਂ ਕਰਨਗੇ


 

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ- ਪੰਜਾਬੀ ਦੋਵਾਂ ਨੂੰ ਸਵੀਕਾਰ ਨਹੀਂ ਕਰਨਗੇ

ਚੰਡੀਗੜ੍ਹ , 11 ਅਗਸਤ 2026

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੋਵਾਂ ਪਾਰਟੀਆਂ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਦਿੜਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਅੰਦਰੋਂ ਪਹਿਲਾਂ ਵੀ ਇੱਕ ਸਨ ਅਤੇ ਹੁਣ ਜੇਕਰ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੁੰਦੀਆਂ ਹਨ ਤਾਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਨਗੇ।

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ, ਜਦਕਿ ਭਾਜਪਾ ਸੂਬੇ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਈਡੀ ਦਾ ਡਰ ਦਿਖਾ ਕੇ ਆਪਣੇ ਹੱਕ ਵਿੱਚ ਕਰਨ ਦੀ ਕੋਸ਼ਿਸ਼ ਕਰਦੀ ਹੈ, ਜਦਕਿ ਅਕਾਲੀ ਦਲ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਸਮੱਸਿਆ ਵੱਲ ਧੱਕਣ ਦੇ ਦੋਸ਼ ਲੱਗਦੇ ਰਹੇ ਹਨ।

ਚੀਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੇ ਆਪਣੇ ਰਾਜ ਦੌਰਾਨ ਪੰਜਾਬ ਦਾ ਨੁਕਸਾਨ ਕੀਤਾ ਅਤੇ ਲੋਕ ਉਨ੍ਹਾਂ ਦੇ ਪੁਰਾਣੇ ਕਾਰਜਕਾਲ ਨੂੰ ਨਹੀਂ ਭੁੱਲੇ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਧਾਰਮਿਕ ਬੇਅਦਬੀਆਂ ਦੇ ਮਾਮਲੇ ਵਾਪਰੇ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਕਾਰਨ ਵਿਦੇਸ਼ਾਂ ਵੱਲ ਜਾਣਾ ਪਿਆ।

  1. ਵਿੱਤ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਵਾਪਸੀ ਲਈ ਭਾਵੇਂ ਦੋਵੇਂ ਪਾਰਟੀਆਂ ਕੋਈ ਵੀ ਸਿਆਸੀ ਰਣਨੀਤੀ ਅਪਣਾਉਣ, ਪਰ ਪੰਜਾਬ ਦੇ ਲੋਕ ਉਨ੍ਹਾਂ ਦੇ ਪਿਛਲੇ ਰਾਜ ਨੂੰ ਯਾਦ ਰੱਖਣਗੇ ਅਤੇ ਮੁੜ ਸਵੀਕਾਰ ਨਹੀਂ ਕਰਨਗੇ।

The post ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ- ਪੰਜਾਬੀ ਦੋਵਾਂ ਨੂੰ ਸਵੀਕਾਰ ਨਹੀਂ ਕਰਨਗੇ appeared first on Desh Click.