ਮਹਾਰਾਸ਼ਟਰ ’ਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ


ਮਹਾਰਾਸ਼ਟਰ : ਮਹਾਰਾਸ਼ਟਰ ਦੇ ਬੀੜ ਜ਼ਿਲ੍ਹੇ ਤੋਂ ਇੱਕ ਦਰਦਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ, ਜਿਸਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਬੀਤੇ ਦਿਨ ਧੂਲੇ-ਸੋਲਾਪੁਰ ਸੜਕ ‘ਤੇ ਨਮਲਗਾਓਂ ਫਾਟਾ ਨੇੜੇ ਇੱਕ ਤੇਜ਼ ਰਫ਼ਤਾਰ ਕੰਟੇਨਰ ਟਰੱਕ ਨੇ ਸੜਕ ਕਿਨਾਰੇ ਪੈਦਲ ਜਾ ਰਹੇ ਛੇ ਲੋਕਾਂ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਸਾਰਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸਾ ਸਵੇਰੇ 7.30 ਵਜੇ ਦੇ ਕਰੀਬ ਵਾਪਰਿਆ। ਚਸ਼ਮਦੀਦਾਂ ਨੇ ਦੱਸਿਆ ਕਿ ਟਰੱਕ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ ਅਤੇ ਅਚਾਨਕ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ। ਬੇਕਾਬੂ ਟਰੱਕ ਸੜਕ ਕਿਨਾਰੇ ਪੈਦਲ ਜਾ ਰਹੇ ਲੋਕਾਂ ‘ਤੇ ਸਿੱਧਾ ਚੜ੍ਹ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਸਾਰੇ ਗੰਭੀਰ ਜ਼ਖਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਛੇ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਬੇਕਾਬੂ ਟਰੱਕ ਨੇ ਛੇ ਲੈ ਲਈਆਂ ਜਾਨਾਂ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਆਕਾਸ਼ ਕੋਲਸੇ (25), ਵਿਸ਼ਾਲ ਕਾਕੜੇ, ਅਨਿਕੇਤ ਸ਼ਿੰਦੇ, ਦਿਨੇਸ਼ ਪਵਾਰ (21), ਕਿਸ਼ੋਰ ਟੌਰ ਅਤੇ ਪਵਨ ਜਗਤਾਪ (30) ਵਜੋਂ ਹੋਈ ਹੈ। ਸਾਰੇ ਸਥਾਨਕ ਨਿਵਾਸੀ ਦੱਸੇ ਜਾ ਰਹੇ ਹਨ। ਹਾਦਸੇ ਦੀ ਖ਼ਬਰ ਮਿਲਦੇ ਹੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਹਫੜਾ-ਦਫੜੀ ਮੱਚ ਗਈ। ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।

ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ ਅਤੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ। ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਾਦਸੇ ਸਮੇਂ ਡਰਾਈਵਰ ਸ਼ਰਾਬੀ ਸੀ ਜਾਂ ਟਰੱਕ ਵਿੱਚ ਕੋਈ ਤਕਨੀਕੀ ਖਰਾਬੀ ਸੀ।

ਇਹ ਸੜਕ ਹਾਦਸਾ ਇੱਕ ਵਾਰ ਫਿਰ ਤੇਜ਼ ਰਫ਼ਤਾਰ ਵਾਹਨਾਂ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਖ਼ਤਰੇ ਵੱਲ ਇਸ਼ਾਰਾ ਕਰਦਾ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਆਵਾਜਾਈ ਵਿਵਸਥਾ ਨੂੰ ਹੋਰ ਸਖ਼ਤ ਕੀਤਾ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

The post ਮਹਾਰਾਸ਼ਟਰ ’ਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ appeared first on Latest Punjabi News.