Punjab Government approves a special fund of ₹40 crore for the development of commercial markets.

Punjab Government approves a special fund of ₹40 crore for the development of commercial markets.


 

ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਵੱਲੋਂ ਮੋਗਾ ਦਾ ਵਿਸ਼ੇਸ਼ ਦੌਰਾ

ਵਪਾਰੀਆਂ ਦੀਆਂ 8,000 ਦੇ ਕਰੀਬ ਸ਼ਿਕਾਇਤਾਂ ’ਚੋਂ 7,000 ਦਾ ਨਿਪਟਾਰਾ-ਅਨਿਲ ਠਾਕੁਰ

ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਲਿਆਂ ਦੇ ਹੱਲ ਲਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦ੍ਰਿੜ ਵਚਨਬੱਧ

ਮੋਗਾ, 31 ਅਗਸਤ,
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਦੇ ਨਿਪਟਾਰੇ ਲਈ ਸਮੁੱਚੇ ਪੰਜਾਬ ਵਾਸਤੇ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਲਗਭਗ 800 ਮੀਟਿੰਗਾਂ ਵਪਾਰੀਆਂ ਦੀਆਂ ਸ਼ਿਕਾਇਤਾਂ ਜਾਂ ਸਮੱਸਿਆਵਾਂ ਦੇ ਨਿਪਟਾਰੇ ਲਈ ਆਯੋਜਿਤ ਕਰਵਾਈਆਂ ਹਨ ਜਿਹਨਾਂ ਵਿੱਚ 8000 ਦੇ ਕਰੀਬ ਸ਼ਿਕਾਇਤਾਂ ਜਾਂ ਸਮੱਸਿਆਵਾਂ ਆੱਈਆਂ ਸਨ, ਇਹਨਾਂ ਵਿੱਚੋਂ 7000 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੀਆਂ ਸ਼ਿਕਾਇਤਾਂ ਦਾ ਵੀ ਜਲਦੀ ਨਿਪਟਾਰਾ ਕੀਤਾ ਜਾਵੇਗਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਮੋਗਾ ਦਾ ਵਿਸ਼ੇਸ਼ ਦੌਰਾ ਕਰਨ ਮੌਕੇ ਕੀਤਾ। ਉਹਨਾਂ ਅੱਜ ਮੋਗਾ ਵਿਖੇ ਪੁੱਜ ਕੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਪੂਰਨ ਵਚਨਬੱਧ ਹੈ। ਇਸ ਮੀਟਿੰਗ ਵਿੱਚ ਉਹਨਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੀ ਮੌਜੂਦ ਸਨ।

ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ 40 ਕਰੋੜ ਦੇ ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੂਬਾ ਪੱਧਰ ‘ਤੇ ਵਿੱਤ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਜੋ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕੰਮ ਕਰ ਰਿਹਾ ਹੈ।

ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਅਤੇ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਹੁਣ ਤੱਕ ਸੂਬੇ ਭਰ ਵਿੱਚ ਵਪਾਰੀਆਂ ਨਾਲ 800 ਤੋਂ ਵੱਧ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਸੂਬਾ ਪੱਧਰ ‘ਤੇ ਵੀ ਕਈ ਮਹੱਤਵਪੂਰਨ ਫ਼ੈਸਲੇ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਹੋਰ ਪ੍ਰੋਤਸਾਹਨ ਦੇਣ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਫੰਡ ਉਸੇ ਦਿਸ਼ਾ ਵਿੱਚ ਇੱਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਸਾਬਤ ਹੋਵੇਗਾ।