Big Breaking: ਅਜਨਾਲਾ ‘ਚ ਘਰ ‘ਤੇ ਬਦਮਾਸ਼ਾਂ ਨੇ ਸੁੱਟਿਆ ਗ੍ਰਨੇਡ- ਤਿੰਨ ਜ਼ਖ਼ਮੀ


 

Big Breaking: ਅਜਨਾਲਾ ‘ਚ ਘਰ ‘ਤੇ ਬਦਮਾਸ਼ਾਂ ਨੇ ਸੁੱਟਿਆ ਗ੍ਰਨੇਡ- ਤਿੰਨ ਜ਼ਖ਼ਮੀ

ਅਜਨਾਲਾ, 21 ਅਗਸਤ 2026: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਬਿਲਕੁਲ ਨੇੜੇ ਸਥਿਤ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਜੱਟਾ ਵਿੱਚ ਦੇਰ ਰਾਤ ਇੱਕ ਰਿਹਾਇਸ਼ੀ ਮਕਾਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਥਿਤ ਗ੍ਰਨੇਡ ਹਮਲੇ ਨੇ ਪੂਰੇ ਸਰਹੱਦੀ ਖੇਤਰ ਨੂੰ ਹਿਲਾ ਕੇ ਰੱਖ ਦਿੱਤਾ। ਅਚਾਨਕ ਹੋਏ ਦੋ ਜ਼ੋਰਦਾਰ ਧਮਾਕਿਆਂ ਕਾਰਨ ਪਿੰਡ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲਗਾਤਾਰ ਦੋ ਗ੍ਰਨੇਡ ਸੁੱਟੇ। ਹਮਲੇ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਧਮਾਕਿਆਂ ਦੀ ਆਵਾਜ਼ ਕਾਫ਼ੀ ਦੂਰ ਤੱਕ ਸੁਣਾਈ ਦਿੱਤੀ, ਜਿਸ ਤੋਂ ਬਾਅਦ ਪਿੰਡ ਵਾਸੀ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।

ਹਮਲੇ ਸਮੇਂ ਮਕਾਨ ਅੰਦਰ ਮੌਜੂਦ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਦੋ ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਦੱਸੇ ਜਾ ਰਹੇ ਹਨ। ਧਮਾਕਿਆਂ ਦੀ ਤੀਬਰਤਾ ਕਾਰਨ ਮਕਾਨ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ, ਜਦਕਿ ਦਰਵਾਜ਼ਿਆਂ ਅਤੇ ਘਰ ਦੇ ਹੋਰ ਹਿੱਸਿਆਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ।

ਇਸ ਤੋਂ ਇਲਾਵਾ ਘਰ ਦੇ ਬਾਹਰ ਖੜ੍ਹੇ ਵਾਹਨ ਵੀ ਧਮਾਕਿਆਂ ਦੀ ਲਪੇਟ ਵਿੱਚ ਆਉਣ ਕਾਰਨ ਨੁਕਸਾਨੇ ਗਏ। ਘਟਨਾ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਬਿਹਤਰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

The post Big Breaking: ਅਜਨਾਲਾ ‘ਚ ਘਰ ‘ਤੇ ਬਦਮਾਸ਼ਾਂ ਨੇ ਸੁੱਟਿਆ ਗ੍ਰਨੇਡ- ਤਿੰਨ ਜ਼ਖ਼ਮੀ appeared first on Desh Click.