Breaking- ਲੁਧਿਆਣਾ ‘ਚ ਦੋ ਨੌਜਵਾਨ ਨੂੰ ਮਾਰੀਆਂ ਗੋਲੀਆਂ


 

Breaking- ਲੁਧਿਆਣਾ ‘ਚ ਦੋ ਨੌਜਵਾਨ ਨੂੰ ਮਾਰੀਆਂ ਗੋਲੀਆਂ

ਫਾਰਚੂਨਰ ਸਵਾਰਾਂ ਦੀ ਫਾਇਰਿੰਗ ‘ਚ ਦੋ ਨੌਜਵਾਨ ਗੰਭੀਰ ਜ਼ਖ਼ਮੀ

ਲੁਧਿਆਣਾ, 1 ਅਗਸਤ 2026: ਸ਼ਹਿਰ ਦੇ ਪਾਸ਼ ਰਾਜਗੁਰੂ ਨਗਰ ਇਲਾਕੇ ਵਿੱਚ ਸ਼ੁੱਕਰਵਾਰ ਸ਼ਾਮ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਖੂਨੀ ਝੜਪ ਵਿੱਚ ਤਬਦੀਲ ਹੋ ਗਿਆ। ਜਾਣਕਾਰੀ ਅਨੁਸਾਰ, ਝਗੜੇ ਦੌਰਾਨ ਫਾਰਚੂਨਰ ਗੱਡੀ ਵਿੱਚ ਸਵਾਰ ਕੁਝ ਵਿਅਕਤੀਆਂ ਨੇ ਸਕਾਰਪੀਓ ਵਿੱਚ ਸਵਾਰ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ 4 ਤੋਂ 5 ਰਾਊਂਡ ਫਾਇਰ ਕਰ ਦਿੱਤੇ।

ਫਾਇਰਿੰਗ ਦੀ ਇਸ ਘਟਨਾ ਵਿੱਚ ਸਕਾਰਪੀਓ ਸਵਾਰ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਗੋਲੀ ਲੱਗਣ ਕਾਰਨ ਦੋਵਾਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗੋਲੀਆਂ ਚੱਲਣ ਦੀ ਆਵਾਜ਼ ਸੁਣਦੇ ਹੀ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ।

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫਾਰਚੂਨਰ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਫਰਾਰ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁੱਢਲੀ ਜਾਂਚ ਵਿੱਚ ਇਹ ਘਟਨਾ ਆਪਸੀ ਰੰਜਿਸ਼ ਦਾ ਨਤੀਜਾ ਲੱਗ ਰਹੀ ਹੈ। ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ।

The post Breaking- ਲੁਧਿਆਣਾ ‘ਚ ਦੋ ਨੌਜਵਾਨ ਨੂੰ ਮਾਰੀਆਂ ਗੋਲੀਆਂ appeared first on Desh Click.