Death threat against Punjab’s Shahi Imam Maulana Usman Rahmani

Death threat against Punjab’s Shahi Imam Maulana Usman Rahmani






  • ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਨੂੰ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ: 19 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਦੌਰੇ ਦੌਰਾਨ ਉਨ੍ਹਾਂ ਨੂੰ ਇੱਕ ਅਣਪਛਾਤੇ ਨੰਬਰ ਤੋਂ ਫ਼ੋਨ ਆਇਆ, ਜਿਸ ਵਿੱਚ ਧਮਕੀ ਦਿੰਦਿਆਂ ਕਿਹਾ ਗਿਆ ਕਿ ‘ਤੁਹਾਨੂੰ ਠੋਕ ਦਿਆਂਗੇ, ਜਿੰਨੇ ਮਰਜ਼ੀ ਪੁਲਿਸ ਮੁਲਾਜ਼ਮ ਨਾਲ ਰੱਖ ਲਓ।’ ਇਸ ਮਾਮਲੇ ਵਿੱਚ ਸੋਮਵਾਰ ਨੂੰ ਲੁਧਿਆਣਾ ਜਾਮਾ ਮਸਜਿਦ ਦੇ ਪ੍ਰਧਾਨ ਮੁਹੰਮਦ ਮੁਸਤਕੀਮ ਨੇ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਥਾਣਾ ਡਿਵੀਜ਼ਨ ਨੰਬਰ-2 ਦੀ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।

ਪਹਿਲਾਂ ਵੀ ਮਿਲ ਚੁੱਕੀਆਂ ਹਨ ਧਮਕੀਆਂ
ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਸ਼ਾਹੀ ਇਮਾਮ ਨੂੰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਇੱਕ ਪੱਤਰ ਰਾਹੀਂ ਵੀ ਧਮਕੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ’ਤੇ ਵੀ ਧਮਕੀ ਭਰੇ ਸੁਨੇਹੇ ਸਾਹਮਣੇ ਆਉਂਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਕਈ ਵਾਰ ਲਿਖਤੀ ਸ਼ਿਕਾਇਤਾਂ ਅਤੇ ਈਮੇਲ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਪੁਲਿਸ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਧਮਕੀਆਂ ਦੇਣ ਵਾਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।

ਸੁਰੱਖਿਆ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ
ਮੁਹੰਮਦ ਮੁਸਤਕੀਮ ਨੇ ਕਿਹਾ ਕਿ ਧਮਕੀਆਂ ਨਾਲ ਉਹ ਘਬਰਾਉਣ ਵਾਲੇ ਨਹੀਂ ਹਨ, ਪਰ ਅਜਿਹੇ ਅਨਸਰਾਂ ਅਤੇ ਕਥਿਤ ਸਾਜ਼ਿਸ਼ਕਾਰਾਂ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਧਮਕੀ ਦੇਣ ਵਾਲਿਆਂ ਨੂੰ ਬੇਨਕਾਬ ਕਰਕੇ ਕਾਨੂੰਨ ਅਨੁਸਾਰ ਸਜ਼ਾ ਦਿਵਾਉਣਾ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਾਮਾ ਮਸਜਿਦ ਦੀ ਟੀਮ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਸ਼ਾਹੀ ਇਮਾਮ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁਸਤਕੀਮ ਮੁਤਾਬਕ, ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਪੰਜਾਬ ਹੀ ਨਹੀਂ, ਸਗੋਂ ਦੇਸ਼ ਦੇ ਪ੍ਰਮੁੱਖ ਮੁਸਲਿਮ ਵਿਦਵਾਨਾਂ ਵਿੱਚ ਗਿਣੇ ਜਾਂਦੇ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਹੋਣ ਵਾਲੇ ਉਨ੍ਹਾਂ ਦੇ ਧਾਰਮਿਕ ਪ੍ਰੋਗਰਾਮਾਂ ਵਿੱਚ ਹਰ ਮਹੀਨੇ ਵੱਡੀ ਗਿਣਤੀ ਵਿੱਚ ਮੁਸਲਿਮ ਅਤੇ ਗੈਰ-ਮੁਸਲਿਮ ਲੋਕ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਮਿਲ ਰਹੀਆਂ ਧਮਕੀਆਂ ਨੂੰ ਮਾਮੂਲੀ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ।