Latest National News | Badrinath to Dehradun

Latest National News | Badrinath to Dehradun


ਚਮੋਲੀ: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਬਦਰੀਨਾਥ ਤੋਂ ਦੇਹਰਾਦੂਨ ਜਾ ਰਿਹਾ ਇੱਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਹੈਲੀਕਾਪਟਰ ਵਿੱਚ ਪਾਇਲਟ ਸਮੇਤ ਕੁੱਲ 6 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 5 ਯਾਤਰੀ ਦੱਸੇ ਜਾ ਰਹੇ ਹਨ। ਇਹ ਹੈਲੀਕਾਪਟਰ ਚਾਰਲੀ ਐਕਸਰੇਅ ਕੰਪਨੀ ਦਾ ਦੱਸਿਆ ਜਾ ਰਿਹਾ ਹੈ।

ਸ਼ੁਰੂਆਤੀ ਜਾਣਕਾਰੀ ਮੁਤਾਬਕ, ਹੈਲੀਕਾਪਟਰ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦੀ ਭਾਲ ਲਈ ਦੂਜੇ ਹੈਲੀਕਾਪਟਰ ਰਾਹੀਂ ਹਵਾਈ ਖੋਜ ਟੀਮ ਭੇਜੀ ਗਈ। ਇਸ ਦੌਰਾਨ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਜੋਸ਼ੀਮਠ ਨੇੜੇ ਚਾਈ ਪਿੰਡ ਕੋਲ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਦੀ ਜਾਣਕਾਰੀ ਦਿੱਤੀ ਹੈ।

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਇਸ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਆਫ਼ਤ ਪ੍ਰਬੰਧਨ ਵਿਭਾਗ ਅਤੇ ਐੱਸ.ਡੀ.ਆਰ.ਐੱਫ. ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਪੂਰੀ ਘਟਨਾ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਏਅਰਲਿਫਟ ਕਰਕੇ ਬਿਹਤਰ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਪਹੁੰਚਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।

ਫਿਲਹਾਲ ਹੈਲੀਕਾਪਟਰ ਵਿੱਚ ਸਵਾਰ ਸਾਰੇ ਲੋਕਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਬਚਾਅ ਟੀਮਾਂ ਵੱਲੋਂ ਮੌਕੇ ’ਤੇ ਕਾਰਵਾਈ ਜਾਰੀ ਹੈ।