Neeru Bajwa Halts Release of Film ‘Thapi’

Neeru Bajwa Halts Release of Film ‘Thapi’






  • ਪਰਵਿੰਦਰ ਝੋਟਾ ਕਤਲ ਮਾਮਲਾ: ਨੀਰੂ ਬਾਜਵਾ ਨੇ ਆਪਣੀ ਫ਼ਿਲਮ ‘ਥਾਪੀ’ ਦੀ ਰੋਕੀ ਰਿਲੀਜ਼

ਮਾਨਸਾ, 18 ਅਕਤੂਬਰ (ਦੇਸ਼ ਕਲਿੱਕ ਬਿਊਰੋ): ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪਰਿਵਾਰ ਦਾ ਧਰਨਾ ਛੇਵੇਂ ਦਿਨ ਵੀ ਜਾਰੀ ਹੈ। ਪਰਿਵਾਰ ਅਤੇ ਇਨਸਾਫ਼ ਕਮੇਟੀ ਆਪਣੀਆਂ ਪੰਜ ਮੰਗਾਂ ’ਤੇ ਅੜੇ ਹੋਏ ਹਨ। ਪਰਵਿੰਦਰ ਸਿੰਘ ਦੀ ਮੌਤ ਤੋਂ ਛੇ ਦਿਨ ਬਾਅਦ ਵੀ ਪਰਿਵਾਰ ਨੇ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ।

ਇਸ ਮਾਮਲੇ ਨੂੰ ਲੈ ਕੇ ਪੰਜਾਬੀ ਫ਼ਿਲਮ ਇੰਡਸਟਰੀ ਅਤੇ ਸਿਆਸੀ ਆਗੂਆਂ ਵੱਲੋਂ ਵੀ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਫ਼ਿਲਮ ‘ਥਾਪੀ’ ਨੂੰ ਫਿਲਹਾਲ ਰੋਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਜੋ ਵੀ ਹਨ, ਪੰਜਾਬ ਦੀ ਬਦੌਲਤ ਹਨ ਅਤੇ ਜਦੋਂ ਤੱਕ ਹਾਲਾਤ ਠੀਕ ਨਹੀਂ ਹੁੰਦੇ, ਉਦੋਂ ਤੱਕ ਫ਼ਿਲਮ ਨਹੀਂ ਦਿਖਾਈ ਜਾਵੇਗੀ। ਇਹ ਫ਼ਿਲਮ 16 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।

ਕੇਵਲ ਸਿੰਘ ਢਿੱਲੋਂ ਵੱਲੋਂ ਕਾਲੀ ਪੱਗ ਬੰਨ੍ਹਣ ਦਾ ਐਲਾਨ
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਕਾਲੀ ਪੱਗ ਬੰਨ੍ਹਣਗੇ। ਇਸ ਦੇ ਨਾਲ ਹੀ ਪੰਜਾਬੀ ਗਾਇਕ ਬੱਬੂ ਮਾਨ ਅਤੇ ਜੀ ਖ਼ਾਨ ਵੀ ਧਰਨੇ ਵਾਲੀ ਥਾਂ ’ਤੇ ਪਹੁੰਚੇ। ਦੋਵਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਗੱਲਬਾਤ ਕੀਤੀ।

ਪਿਤਾ ਨੇ ਡੀਐੱਸਪੀ ’ਤੇ ਲਾਏ ਗੰਭੀਰ ਦੋਸ਼
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਮਾਨਸਾ ਦੇ ਡੀਐੱਸਪੀ ’ਤੇ ਦੋਸ਼ ਲਾਇਆ ਕਿ ਉਹ ਇੱਕ ਨਿੱਜੀ ਵਿਅਕਤੀ ਨੂੰ ਕਾਲ ਡਿਟੇਲ ਰਿਕਾਰਡ (CDR) ਮੁਹੱਈਆ ਕਰਵਾ ਕੇ ਗ਼ਲਤ ਅਫ਼ਵਾਹਾਂ ਫੈਲਾਉਣ ਵਿੱਚ ਮਦਦ ਕਰ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਦੌਰਾਨ ਮੀਡੀਆ ਨੂੰ ਦੂਰ ਰੱਖਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪਰਿਵਾਰ ਵੱਲੋਂ ਲਾਏ ਗਏ ਇਨ੍ਹਾਂ ਦੋਸ਼ਾਂ ਬਾਰੇ ਪੁਲਿਸ ਦਾ ਪੱਖ ਸਾਹਮਣੇ ਆਉਣਾ ਬਾਕੀ ਹੈ। ਫਿਲਹਾਲ ਪਰਿਵਾਰ ਅਤੇ ਇਨਸਾਫ਼ ਕਮੇਟੀ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰੱਖਣ ’ਤੇ ਅੜੇ ਹੋਏ ਹਨ।