Punjab News: ਤਨਖਾਹਾਂ ਨਾ ਮਿਲਣ ਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ, ਜੰਗਲਾਤ ਵਰਕਰਾਂ ਵੱਲੋਂ ਰੋਸ ਮਾਰਚ
ਪਟਿਆਲਾ, 15 ਅਗਸਤ 2026
ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਵੱਲੋਂ ਜੰਗਲਾਤ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਡੀਐਫਓ ਪਟਿਆਲਾ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਭਾਰੀ ਬਾਰਿਸ਼ ਅਤੇ ਖ਼ਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਜੰਗਲਾਤ ਕਾਮੇ ਝੰਡੇ, ਬੈਨਰ ਅਤੇ ਮਾਟੋ ਲੈ ਕੇ ਧਰਨੇ ਵਿੱਚ ਸ਼ਾਮਲ ਹੋਏ।
ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂਆਂ ਦਰਸ਼ਨ ਸਿੰਘ ਬੇਲੂਮਾਜਰਾ, ਲਖਵਿੰਦਰ ਖਾਨਪੁਰ, ਜਸਵੀਰ ਸਿੰਘ ਖੋਖਰ, ਧਰਮਪਾਲ ਸਿੰਘ ਲੌਟ ਅਤੇ ਰਾਜਪਾਲ ਸਿੰਘ ਲਸੋਈ ਨੇ ਦੋਸ਼ ਲਾਇਆ ਕਿ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ 30-30 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਕਾਮਿਆਂ ਨੂੰ ਪੱਕਾ ਕਰਨ ਦੀ ਬਜਾਏ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਕਾਰਨ ਕਾਮਿਆਂ ਦੇ ਪਰਿਵਾਰਾਂ ਨੂੰ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਜੰਗਲਾਤ ਕਾਮੇ ਨੂੰ ਪੱਕਾ ਨਹੀਂ ਕੀਤਾ। ਧਰਨੇ ਤੋਂ ਬਾਅਦ ਕਾਮਿਆਂ ਨੇ ਲਾਲ ਝੰਡਿਆਂ ਨਾਲ ਪਟਿਆਲਾ ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਰੋਸ ਮਾਰਚ ਵੀ ਕੱਢਿਆ।
ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 18 ਅਗਸਤ ਨੂੰ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿੱਚ ਸੂਬਾ ਪੱਧਰੀ ਵਿਸ਼ਾਲ ਧਰਨਾ ਦੇਣ ਤੋਂ ਬਾਅਦ ਪੱਕਾ ਮੋਰਚਾ ਲਾਇਆ ਜਾਵੇਗਾ। ਉਨ੍ਹਾਂ ਕੱਚੇ ਕਾਮਿਆਂ ਨੂੰ ਪੱਕਾ ਕਰਨ, ਬਕਾਇਆ ਤਨਖਾਹਾਂ ਜਾਰੀ ਕਰਨ ਅਤੇ ਸਾਲ 2026 ਤੱਕ ਦੀ ਸੀਨੀਅਰਤਾ ਸੂਚੀ ਜਾਰੀ ਕਰਨ ਦੀ ਮੰਗ ਕੀਤੀ।
The post Punjab News: ਤਨਖਾਹਾਂ ਨਾ ਮਿਲਣ ਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ, ਜੰਗਲਾਤ ਵਰਕਰਾਂ ਵੱਲੋਂ ਰੋਸ ਮਾਰਚ appeared first on Desh Click.